ਚੰਡੀਗੜ੍ਹ, 19 ਜੁਲਾਈ (22G TV) ਬੀਤੇ ਦਿਨੀਂ ਚੰਡੀਗੜ੍ਹ ਵਿੱਚ ਕਿਸਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ ਕਰਨ ਵਾਲੇ ਲੋਕਾਂ ਉਤੇ ਚੰਡੀਗੜ੍ਹ ਪੁਲਿਸ ਵੱਲੋਂ ਦਰਜ ਕੀਤੇ ਗਏ ਪਰਚਿਆਂ ਦੇ ਮਾਮਲੇ ਵਿੱਚ ਅੱਜ ਕਿਸਾਨ ਆਗੂਆਂ ਦਾ ਇਕ ਵਫਦ ਚੰਡੀਗੜ੍ਹ ਦੇ ਐਸਐਸਪੀ ਕੁਲਦੀਪ ਸਿੰਘ ਚਹਿਲ ਨੂੰ ਮਿਲਿਆ। ਜਿਸਦੀ ਅਗਵਾਈ ਸੰਯੁਕਤ ਕਿਸਾਨ ਮੋਰਚਾ ਦੇ ਲੀਗਲ ਟੀਮ ਦੇ ਕਨਵੀਨਰ ਪ੍ਰੇਮ ਸਿੰਘ ਭੰਗੂ ਨੇ ਕੀਤੀ। ਵਫਦ ਵਿੱਚ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਆਗੂ ਕੰਵਲਜੀਤ ਸਿੰਘ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾਈ ਆਗੂ ਰਿੰਕੀ ਬਰਾੜ, ਸੁਖਬੀਰ ਸਿੰਘ ਦੁਰਾਲੀ, ਚੰਡੀਗੜ੍ਹ ਨੌਜਵਾਨ ਏਕਤਾ ਮੰਚ ਦੇ ਜਸਵੰਤ ਸਿੰਘ ਟਾਂਡਾ ਆਦਿ ਤੋਂ ਇਲਾਵਾ ਹੋਰ ਆਗੂ ਸ਼ਾਮਲ ਸਨ।
ਇਸ ਮੌਕੇ ਪਿਛਲੇ ਦਿਨੀਂ ਚੰਡੀਗੜ੍ਹ ਦੇ ਸੈਕਟਰ 49 ਵਿੱਚ ਭਾਜਪਾ ਆਗੂਆਂ ਦੇ ਵਿਰੋਧ ਦੌਰਾਨ ਪੁਲਿਸ ਵੱਲੋਂ ਦਰਜ ਕੀਤੇ ਪਰਚੇ ਦਾ ਮਾਮਲਾ ਉਠਾਇਆ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੁਲਿਸ ਬੇਕਸ਼ੂਰ ਲੋਕਾਂ ਉਤੇ ਪਰਚੇ ਦਰਜ ਕਰਕੇ ਜੇਲ੍ਹ ਵਿੱਚ ਬੰਦ ਕੀਤਾ ਹੈ। ਆਗੂਆਂ ਨੇ ਕਿਹਾ ਕਿ ਜਿਨ੍ਹਾਂ ਨੇ ਭਾਜਪਾ ਆਗੂਆਂ ਦੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ ਹਨ ਉਹ ਸ਼ਰ੍ਹੇਆਮ ਬਾਹਰ ਘੁੰਮ ਰਹੇ ਹਨ। ਆਗੂਆਂ ਨੇ ਕਿਹਾ ਕਿ ਭਾਜਪਾ ਦੇ ਵਿਅਕਤੀਆਂ ਵੱਲੋਂ ਹੀ ਗੱਡੀਆਂ ਦੇ ਸ਼ੀਸੇ ਤੋੜੇ ਹਨ, ਜਿਸਦੀਆਂ ਫੋਟੋਆਂ ਵੀ ਸਾਹਮਣੇ ਆਈਆਂ ਹਨ। ਇਸ ਮੌਕੇ ਐਸ ਐਸ ਪੀ ਕੁਲਦੀਪ ਸਿੰਘ ਚਹਿਲ ਨੇ ਵਿਸ਼ਵਾਸ ਦਿਵਾਇਆ ਕਿ ਇਸ ਦੀ ਜਾਂਚ ਕੀਤੀ ਜਾਵੇਗੀ।
ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਜੋ ਭਾਜਪਾ ਆਗੂਆਂ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ ਗਿਆ ਹੈ ਉਸੇ ਦੇ ਤਹਿਤ ਹੀ ਆਗੂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਨ। ਆਗੂਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਪੂਰੀ ਜਾਂਚ ਕਰਕੇ ਝੂਠੇ ਪਰਚੇ ਰੱਦ ਕੀਤੇ ਜਾਣ। ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਆਗੂਆਂ ਨੇ ਨੌਜਵਾਨਾਂ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੰਯੁਕਤ ਕਿਸਾਨ ਮੋਰਚੇ ਦੇ ਦਿੱਤੇ ਸੱਦੇ ਮੁਤਾਬਕ ਸ਼ਾਂਤਮਈ ਢੰਗ ਨਾਲ ਭਾਜਪਾ ਆਗੂਆਂ ਦਾ ਵਿਰੋਧ ਜਾਰੀ ਰੱਖਣ।