Home POLITICAL Aam Aadmi Party will contest elections on its own: Raghav Chadha

Aam Aadmi Party will contest elections on its own: Raghav Chadha

411
0

ਚੰਡੀਗੜ੍ਹ, 26 ਜੁਲਾਈ (22G TV) ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਅਤੇ ਕੌਮੀ ਬੁਲਾਰੇ ਰਾਘਵ ਚੱਢਾ ਨੇ ਸੋਮਵਾਰ ਨੂੰ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਦੀ ਮੌਜੂਦਗੀ ‘ਚ ਸਾਫ਼ ਕੀਤਾ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ ਇਕੱਲਿਆਂ ਲੜੇਗੀ ਅਤੇ ਆਪਣੇ ਬਲਬੂਤੇ ਸਰਕਾਰ ਬਣਾਵੇਗੀ। ਰਾਘਵ ਚੱਢਾ ਇੱਥੇ ਪ੍ਰੈੱਸ ਕਲੱਬ ਵਿਖੇ ਲੰਬੀ ਤੋਂ ਕਾਂਗਰਸੀ ਆਗੂ ਗੁਰਮੀਤ ਸਿੰਘ ਖੁੱਡੀਆਂ ਨੂੰ ਪਾਰਟੀ ‘ਚ ਸ਼ਾਮਲ ਕਾਰਨ ਮਗਰੋਂ ਮੀਡੀਆ ਦੇ ਰੂਬਰੂ ਸਨ।
‘ਆਪ’ ਦੇ ਦੂਸਰੇ ਦਲਾਂ ਨਾਲ ਚੋਣ ਸਮਝੌਤੇ ਸੰਬੰਧੀ ਸਵਾਲ ਦੇ ਜਵਾਬ ‘ਚ ਰਾਘਵ ਚੱਢਾ ਨੇ ਕਿਹਾ, ”ਅਸੀਂ ਅੱਜ ਸਾਫ਼ ਸ਼ਬਦਾਂ ‘ਚ ਹਮੇਸ਼ਾ ਲਈ ਇਹ ਸਪਸ਼ਟ ਕਰਦੇ ਹਾਂ ਕਿ 2022 ਦੀਆਂ ਚੋਣਾਂ ਆਮ ਆਦਮੀ ਪਾਰਟੀ ਆਪਣੇ ਬਲਬੂਤੇ ਲੜੇਗੀ। ਕਿਸੇ ਪਾਰਟੀ ਨਾਲ ਕੋਈ ਗੱਠਜੋੜ ਨਹੀਂ ਕਰੇਗੀ। ਸਾਰੇ 117 ਵਿਧਾਨ ਸਭਾ ਹਲਕਿਆਂ ‘ਚ ਆਪਣੇ ਉਮੀਦਵਾਰ ਉਤਾਰੇਗੀ ਅਤੇ ਜਿੱਤੇਗੀ।”

ਰਾਘਵ ਚੱਢਾ ਨੇ ਇੱਕ ਹੋਰ ਸਵਾਲ ਦੇ ਜਵਾਬ ‘ਚ ਕਿਹਾ ਕਿ ਦੂਜੀਆਂ ਪਾਰਟੀਆਂ ਦੇ ਜੋ ਅੱਛੇ ਲੋਕ ਹਨ ਅਤੇ ਪੰਜਾਬ ਦੀ ਖ਼ੁਸ਼ਹਾਲੀ ਚਾਹੁੰਦੇ ਹਨ, ਅਜਿਹੇ ਸਾਰੇ ਲੋਕਾਂ ਅਤੇ ਆਗੂਆਂ ਦਾ ਆਮ ਆਦਮੀ ਪਾਰਟੀ ‘ਚ ਦਿਲੋਂ ਸਵਾਗਤ ਹੈ।

ਇਸ ਮੌਕੇ ਭਗਵੰਤ ਮਾਨ ਨੇ ਕਿਹਾ ਸੂਬੇ ਦੇ ਲੋਕ ਬਾਦਲਾਂ ਦੇ ਮਾਫ਼ੀਆ ਰਾਜ ਤੋਂ ਕਲਪ ਗਏ ਸਨ, ਹੁਣ ਕਾਂਗਰਸ ਦੀ ਮਾਫ਼ੀਆ ਸਰਕਾਰ ਤੋਂ ਹੋਰ ਵੀ ਜ਼ਿਆਦਾ ਕਲਪੇ ਪਏ ਹਨ। ਇਸ ਲਈ ਜਨਤਾ ਆਮ ਆਦਮੀ ਪਾਰਟੀ ਨੂੰ ਉਮੀਦ ਵਜੋਂ ਦੇਖਣਾ ਚਾਹੁੰਦੀ ਹੈ ਅਤੇ ਇੱਕ ਵਾਰ ਸਰਕਾਰ ਦੀ ਜ਼ਿੰਮੇਵਾਰੀ ਦੇਣ ਦਾ ਪੂਰਾ ਮਨ ਬਣਾ ਚੁੱਕੀ ਹੈ। ਇੱਕ ਸਵਾਲ ਦੇ ਜਵਾਬ ‘ਚ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਖੇਤੀ ਵਿਰੋਧੀ ਕਾਨੂੰਨਾਂ ਦਾ ਸੜਕ ਤੋਂ ਸੰਸਦ ਅਤੇ ਵਿਧਾਨ ਸਭਾ ਤੱਕ ਪੂਰੀ ਸੰਜੀਦਗੀ ਨਾਲ ਵਿਰੋਧ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਅੱਜ (ਸੋਮਵਾਰ) ਵੀ ਸੰਸਦ ਦੇ ਅੰਦਰ ਅਤੇ ਬਾਹਰ ਵਿਰੋਧ ਕਰਕੇ ਬਾਅਦ ਦੁਪਹਿਰ ਹਵਾਈ ਜਹਾਜ਼ ਰਾਹੀਂ ਚੰਡੀਗੜ੍ਹ ਪੁੱਜੇ ਹਨ ਅਤੇ ਸ਼ਾਮ ਨੂੰ ਹੀ ਵਾਪਸ ਦਿੱਲੀ ਜਾ ਕੇ ਉਦੋਂ ਤੱਕ ਸੰਸਦ ਨਹੀਂ ਚੱਲਣ ਦੇਣਗੇ ਜਦੋਂ ਤੱਕ ਕੇਂਦਰ ਦੀ ਸਰਕਾਰ ਕਿਸਾਨ ਅਤੇ ਕਿਰਸਾਨੀ ਵਿਰੋਧੀ ਖੇਤੀ ਕਾਨੂੰਨ ਵਾਪਸ ਨਹੀਂ ਲੈ ਲੈਂਦੀ। ਇੱਕ ਸਵਾਲ ਦੇ ਜਵਾਬ ‘ਚ ਭਗਵੰਤ ਮਾਨ ਨੇ ਕਿਹਾ ਕਾਂਗਰਸ ਸੰਸਦ ‘ਚ ਖੇਤੀ ਕਾਨੂੰਨਾਂ ਵਿਰੁੱਧ ਇੱਕਜੁੱਟ ਅਤੇ ਉਮੀਦ ਮੁਤਾਬਿਕ ਭੂਮਿਕਾ ਨਹੀਂ ਨਿਭਾ ਰਹੀ।

ਮਾਨ ਨੇ ਮੋਦੀ ਸਰਕਾਰ ਨੂੰ ਅੱਤ ਦੀ ਹੰਕਾਰੀ ਸਰਕਾਰ ਕਰਾਰ ਦਿੰਦਿਆਂ ਕਿਹਾ ਕਿ ਇੱਕ ਹੋਰ ਬਿਜਲੀ ਸੋਧ ਬਿਲ 2021 ਲਿਆ ਕੇ ਰਾਜਾਂ ਦੇ ਅਧਿਕਾਰਾਂ ‘ਤੇ ਡਾਕਾ ਅਤੇ ਕਿਸਾਨਾਂ ਸਮੇਤ ਹੋਰ ਵਰਗਾਂ ਨੂੰ ਮਿਲਦੀ ਬਿਜਲੀ ਸਬਸਿਡੀ ਖੋਹਣ ਜਾ ਰਹੀ ਹੈ। ‘ਆਪ’ ਵੱਲੋਂ ਇਸ ਦਾ ਵੀ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮੀਤ ਹੇਅਰ , ਪ੍ਰੋ. ਬਲਜਿੰਦਰ ਕੌਰ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੀ ਮੌਜੂਦ ਸਨ।