Chandigarh, March 24 (22G TV) ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਮੱਦੇਨਜ਼ਰ ਪਾਰਟੀ ਦੀ ਕਾਰਜਸ਼ੈਲੀ, ਜਥੇਬੰਦਕ ਢਾਂਚਾ, ਪਾਰਟੀ ਨੂੰ ਸਿਧਾਂਤਕ ਲੀਹਾਂ ਤੇ ਲਿਆਉਣ, ਪਾਰਟੀ ਦੀਆਂ ਨੀਤੀਆਂ ਵਿੱਚ ਵੱਡੀਆਂ ਤਬਦੀਲੀਆਂ ਕਰਨ ਅਤੇ ਪਿੰਡ ਪੱਧਰ ਤੱਕ ਪਾਰਟੀ ਵਿੱਚ ਨਵੀਂ ਰੂਹ ਫੂਕਣ ਲਈ ਇੱਕ 16 ਮੈਂਬਰੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਐਲਾਨ ਪਾਰਟੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਚੰਡੀਗੜ੍ਹ ਵਿੱਚ ਕੀਤਾ।
ਕਮੇਟੀ ਵਿੱਚ ਜਿਹਨਾਂ ਮੈਂਬਰ ਨੂੰ ਸ਼ਾਮਲ ਕੀਤਾ ਗਿਆ ਹੈ ਉਹਨਾਂ ਵਿੱਚ ਸ. ਬਲਵਿੰਦਰ ਸਿੰਘ ਭੂੰਦੜ, ਸ.ਚਰਨਜੀਤ ਸਿੰਘ ਅਟਵਾਲ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸ. ਸਿਕੰਦਰ ਸਿੰਘ ਮਲੂਕਾ, ਸ.ਹੀਰਾ ਸਿੰਘ ਗਾਬੜੀਆ, ਸ. ਗੁਲਜਾਰ ਸਿੰਘ ਰਾਣੀਕੇ, ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਜਨਮੇਜਾ ਸਿੰਘ ਸੇਖੋ, ਸੁਰਜੀਤ ਸਿੰਘ ਰੱਖੜਾ, ਵਿਧਾਇਕ ਦਲ ਦੇ ਨੇਤਾ ਸਰਦਾਰ ਮਨਪ੍ਰੀਤ ਸਿੰਘ ਇਆਲੀ, ਚੀਫ ਵਿਪ੍ਹ ਡਾ. ਸੁਖਵਿੰਦਰ ਕੁਮਾਰ ਸੁੱਖੀ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਐਸ ਓ ਆਈ ਦੇ ਪ੍ਰਧਾਨ ਸਰਦਾਰ ਰੋਬਿਨ ਬਰਾੜ ਸ਼ਾਮਲ ਹਨ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਹਿਲਾਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਪਹਿਲਾਂ ਕੋਰ ਕਮੇਟੀ ਵਿੱਚ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ, ਫਿਰ ਜਿਲਾ ਜਥੇਦਾਰ ਸਹਿਬਾਨ, ਪਾਰਟੀ ਦੇ ਸਾਰੇ ਉਮੀਦਵਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰਾਂ, ਯੂਥ ਵਿੰਗ ਅਤੇ ਐਸ.ਓ.ਆਈ ਦੇ ਅਹੁਦੇਦਾਰਾਂ ਆਦਿ ਨਾਲ ਵਿਸਥਾਰ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਹਨਾਂ ਮੀਟਿੰਗਾਂ ਵਿੱਚ ਇਹ ਗੱਲ ਉਭਰ ਕੇ ਸਾਹਮਣੇ ਆਈ ਕਿ ਪਾਰਟੀ ਵਿੱਚ ਸਮੇ ਦੇ ਅਨੁਸਾਰ ਵੱਡੀਆਂ ਤਬਦੀਲੀਆਂ ਕਰਨ ਅਤੇ ਸਾਰੇ ਮਸਲੇ ਦੀ ਘੋਖ ਕਰਨ ਲਈ ਉਚ ਪੱਧਰੀ ਕਮੇਟੀ ਬਣਾਈ ਜਾਵੇ। ਇਹ ਕਮੇਟੀ ਹਰ ਪੱਧਰ ਤੇ ਤਾਲਮੇਲ ਕਰਕੇ ਵਿਸਥਾਰਤ ਰਿਪੋਰਟ ਪਾਰਟੀ ਦੀ ਕੋਰ ਕਮੇਟੀ ਨੂੰ ਸੌਂਪੇਗੀ ਜਿੱਥੇ ਕਮੇਟੀ ਦੀ ਰਾਏ ਅਨੁਸਾਰ ਵੱਡੇ ਫੈਸਲੇ ਲਏ ਜਾਣਗੇ।